Gee 98News

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਿਆ

-ਪੰਜਾਬ ‘ਚ ਅਮਨ-ਸਾਂਤੀ ਲਈ ਕੀਤੀ ਅਰਦਾਸ

ਚੰਡੀਗੜ੍ਹ 06 ਮਾਰਚ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਭਗਵੰਤ ਮਾਨ ਨੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮ ਵਿੱਚ ਸ਼ਮੂਲੀਅਤ ਵੀ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਸੂਬੇ ‘ਚ ਭਾਈਚਾਰਕ ਸਾਂਝ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੋਲੇ-ਮਹੱਲੇ ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ‘ਤੇ ਉਹ ਆਪਣੇ-ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਜ਼ੁਲਮ ਅਤੇ ਬੇਇਨਸਾਫੀ ਦੇ ਖਿਲਾਫ਼ ਲੜਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਲਾ ਮਹੱਲੇ ਦੌਰਾਨ ਆਉਣ ਵਾਲੀਆ ਸੰਗਤਾਂ ਲਈ ਵਿਸ਼ਵ ਪੱਧਰੀ ਅਤੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰਬੰਧਾਂ ਦੇ ਹੁਕਮ ਵੀ ਦਿੱਤੇ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਸਹਿਣਸ਼ੀਲਤਾ ਦੀ ਭਾਵਨਾ ਨੂੰ ਦਰਸਾਉਂਦੇ ਭੇਦ-ਭਾਵ ਤੋਂ ਉਪਰ ਉਠ ਕੇ ਸਮਾਗਮ ਨੂੰ ਰਲ-ਮਿਲ ਕੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ।

error: Content is protected !!