ਚੰਡੀਗੜ੍ਹ 15 ਮਾਰਚ (ਜੀ98 ਨਿਊਜ਼ ਸਰਵਿਸ)-ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਸ਼ਹਿਰ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 15, 000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ ਵਾਸੀ ਨਹਿਰੂ ਨਗਰ,ਫਗਵਾੜਾ, ਯੂ.ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਪ੍ਰਵੀਨ ਕੁਮਾਰ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁਸਤੀ ਕਰਾਉਣ ਬਦਲੇ 15, 000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25, 000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।








