Gee 98News

ਮੌਤ ਤੋਂ ਦੋ ਦਿਨ ਬਾਅਦ ਸੁਪਰੀਮ ਕੋਰਟ ਨੇ ਬਾਦਲ ਨੂੰ ਧੋਖਾਧੜੀ ਦੇ ਮਾਮਲੇ ‘ਚ ਦਿੱਤੀ ਕਲੀਨ ਚਿੱਟ

ਚੰਡੀਗੜ੍ਹ 28 ਅਪ੍ਰੈਲ (ਜੀ98 ਨਿਊਜ਼ ਸਰਵਿਸ)-ਦੇਸ਼ ਦੀ ਸਰਬ ਉਚ ਅਦਾਲਤ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਮੌਤ ਤੋਂ ਦੋ ਦਿਨ ਬਾਅਦ ਧੋਖਾਧੜੀ ਦੇ ਇਕ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ । ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਖੇੜਾ ਨਾਮ ਦੇ ਇੱਕ ਵਿਅਕਤੀ ਨੇ ਅਕਾਲੀ ਦਲ ਦੇ 2 ਸੰਵਿਧਾਨ ਹੋਣ ਸਬੰਧੀ 2009 ‘ਚ ਹਸ਼ਿਆਰਪੁਰ ਦੀ ਅਦਾਲਤ ਵਿੱਚ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਧਿਰ ਬਣਾ ਕੇ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਦੌਰਾਨ ਸਥਾਨਕ ਅਦਾਲਤ ਨੇ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕੀਤੇ ਸਨ । ਜਿਸ ਤੋਂ ਬਾਅਦ ਸਰਦਾਰ ਬਾਦਲ, ਸੁਖਬੀਰ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੇ ਹਸ਼ਿਆਰਪੁਰ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈਕੋਰਟ ਦਾ ਰੁਖ਼ ਕੀਤਾ ਸੀ ਪ੍ਰੰਤੂ ਹਾਈਕੋਰਟ ਨੇ ਵੀ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਸੀ । ਇਸ ਤੋਂ ਬਾਅਦ ਬਾਦਲਾਂ ਨੇ 2021 ‘ਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ । ਸੁਪਰੀਮ ਕੋਰਟ ਨੇ ਉਕਤ ਮਾਮਲੇ ,ਚ 11 ਅਪ੍ਰੈਲ ਨੂੰ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ ਅਤੇ ਹੁਣ ਸੁਪਰੀਮ ਕੋਰਟ ਨੇ ਉਕਤ ਮਾਮਲੇ ਵਿੱਚ ਪਰਕਾਸ਼ ਸਿੰਘ ਬਾਦਲ ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਕਲੀਨ ਚਿਟ ਦੇ ਦਿੱਤੀ ਹੈ ਅਤੇ ਰਿਪੋਰਟ ਦੇ ਸੰਮਨ ਜਾਰੀ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।

error: Content is protected !!