ਬਰਨਾਲਾ 5 ਮਈ ( ਨਿਰਮਲ ਸਿੰਘ ਪੰਡੋਰੀ )-
–ਐਸ.ਸੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਪ੍ਰਾਈਵੇਟ/ਸਰਕਾਰੀ ਸੰਸਥਾ ਕਿਸੇ ਵੀ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਦੀਆਂ ਡਿਗਰੀਆਂ/ ਡੀ.ਐਮ.ਸੀ./ਸਰਟੀਫਿਕੇਟ ਨਹੀਂ ਰੋਕ ਸਕਦੇ, ਅਜਿਹਾ ਕਰਨ ਵਾਲੀ ਸੰਸਥਾ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਮੁਹੱਈਆ ਕਰਵਾਈ ਜਾਂਦੀ ਹੈ ਜਿਸ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀ ਲੈਣ। ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਦੇ ਦਾਖਲਾ ਅਨੁਪਾਤ ਵਿੱਚ ਵਾਧਾ ਕਰਨਾ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਦੇ ਲਈ ਉਤਸ਼ਾਹਿਤ ਕਰਨਾ ਹੈ। ਤਾਂ ਜੋ ਲੋੜਵੰਦ ਵਰਗ ਦੇ ਵਿਦਿਆਰਥੀ ਵੀ ਸਿੱਖਿਆ ਹਾਸਲ ਕਰਕੇ ਆਤਮ ਨਿਰਭਰ ਬਣ ਸਕਣ ਜਿਸ ਰਾਹੀਂ ਹੀ ਇਹ ਸਿੱਖਿਅਤ ਵਿਦਿਆਰਥੀ ਆਪਣਾ ਸਮਾਜਿਕ ਅਤੇ ਆਰਥਿਕ ਪੱਧਰ ਮਜ਼ਬੂਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੈਸ਼ਨ 2023-24 ਲਈ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਤੈਅ ਹਦਾਇਤਾਂ ਅਧੀਨ ਵਿਦਿਆਰਥੀ ਦਾਖਲਾ ਲੈਣ ਲਈ ਅਪਲਾਈ ਕਰ ਸਕਦੇ ਹਨ। ਜਿਸ ਉਪਰੰਤ ਵਿੱਦਿਅਕ ਸੰਸਥਾਵਾਂ ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕੋਈ ਫੀਸ ਲਏ ਦਾਖਲਾ ਦੇਣਾ ਯਕੀਨੀ ਬਣਾਉਂਣਗੀਆਂ ਅਤੇ ਜਿਸ ਦਿਨ ਵਿਦਿਆਰਥੀ ਦਾਖਲਾ ਲੈਂਦਾ ਹੈ, ਉਸੇ ਸਮੇਂ ਵਿਦਿਆਰਥੀ ਤੋਂ ਪੋਰਟਲ ‘ਤੇ ਸਕਾਲਰਸ਼ਿਪ ਲਈ ਅਪਲਾਈ ਕਰਵਾਉਣਾ ਯਕੀਨੀ ਬਣਾਉਂਦੀਆਂ ਹਨ।