ਮੰਤਰੀ ਨੇ ਡੀਡੀਪੀਓਜ਼ ਨੂੰ ਦਿੱਤੀਆਂ ਸਖ਼ਤ ਹਦਾਇਤਾਂ
ਚੰਡੀਗੜ੍ਹ-ਪੰਜਾਬ ਸਰਕਾਰ ਨੇ 10 ਜੂਨ ਤੱਕ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਡੀਡੀਪੀਓਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿਚ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ।ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ‘ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫਾਰਸ਼ ਨਾ ਮੰਨੀ ਜਾਵੇ। ਹਰੇਕ ਜ਼ਮੀਨ ਦੀ ਬੋਲੀ ਪਾਰਦਰਸ਼ੀ ਤਰੀਕੇ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਕਰਵਾਈ ਜਾਵੇ।ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ ਜਾਵੇਗੀ ਅਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਗਦ ਭਰਵਾਇਆ ਜਾਵੇਗਾ। ਉਨ੍ਹਾਂ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਸੂਬੇ ਵਿਚ ਬਹੁਤ ਸਾਰੀਆਂ ਸ਼ਾਮਲਾਤ ਜ਼ਮੀਨਾਂ ਨਿਗੂਣੇ ਜਿਹੇ ਠੇਕੇ ‘ਤੇ ਦੇ ਦਿੱਤੀਆਂ ਜਾਂਦੀਆਂ ਹਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਕਿਸੇ ਕਾਰਣ ਠੇਕੇ ਉੱਤੇ ਨਾ ਚੜ੍ਹ ਸਕੀਆਂ, ਉਨ੍ਹਾਂ ਥਾਂਵਾਂ ‘ਤੇ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਅਜਿਹੀਆਂ ਸਾਰੀਆਂ ਜ਼ਮੀਨਾਂ ‘ਤੇ 1 ਜੁਲਾਈ ਤੋਂ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿਉਂ ਕਿ ਇਸ ਨਾਲ ਇਕ ਤਾਂ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਦੂਜਾ ਇਹ ਵਾਤਾਵਰਣ ਦੀ ਸ਼ੁੱਧਤਾ ਵਿਚ ਸਹਾਈ ਹੋਵੇਗਾ।ਸਮੂਹ ਡੀਡੀਪੀਓਜ਼ ਨੂੰ ਹਦਾਇਤ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਇਲਾਕੇ ਵਿਚ ਕੱਟੀਆਂ ਕਾਲੋਨੀਆਂ ਵਿਚ ਜੋ ਸਰਕਾਰੀ ਰਸਤੇ ਜਾਂ ਖਾਲ ਆਏ ਹਨ, ਉਨ੍ਹਾਂ ਦੇ ਪੈਸੇ ਸਬੰਧਤ ਕਾਲੋਨੀ ਮਾਲਕਾਂ ਜਾਂ ਜੋ ਵੀ ਇਸ ਦਾ ਦੇਣਦਾਰ ਹੈ, ਉਸ ਤੋਂ ਹਰ ਹਾਲ 20 ਜੂਨ ਤੱਕ ਭਰਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਅਣਗਹਿਲੀ ਕਰਨ ਵਾਲੇ ਅਧਿਕਾਰੀ ‘ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।










