ਬਰਨਾਲਾ 20 ਮਈ ( ਨਿਰਮਲ ਸਿੰਘ ਪੰਡੋਰੀ)-
ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀਆਂ ਫੀਸਾਂ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਐਸ.ਐਮ.ਐਸ. ਰਾਹੀਂ ਭੇਜੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 13 ਸੇਵਾ ਕੇਂਦਰਾਂ ’ਤੇ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਨਹੀਂ ਦਿੱਤੀਆਂ ਜਾਣਗੀਆਂ ਕਿਉਂਕਿ ਉਹ ਐੱਸ.ਐੱਮ.ਐੱਸ. ਰਾਹੀਂ ਆਪਣੇ ਭੁਗਤਾਨਾਂ ਦੀਆਂ ਰਸੀਦਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਡਿਜੀਟਲ ਰਸੀਦਾਂ ’ਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲਬੱਧ ਹੋਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਪੰਜਾਬ ਸਰਕਾਰ ਦੇ ਵਾਤਾਵਰਣ ਪੱਖੀ ਉਪਰਾਲੇ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਪੇਪਰ ਰਹਿਤ ਫੀਸ ਰਸੀਦ ਪ੍ਰਣਾਲੀ ਨਾਲ ਸੇਵਾ ਮੁੱਹਈਆ ਕਰਾਉਣ ਵਾਲਿਆਂ ਅਤੇ ਖਪਤਕਾਰਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਦੇ ਕਾਊਂਟਰਾਂ ’ਤੇ ਰਸੀਦਾਂ ਦੀ ਛਪਾਈ ਦਾ ਸਮਾਂ ਵੀ ਬਚੇਗਾ।









