-ਡਿਬਰੂਗੜ੍ਹ ਜਾ ਕੇ ਅੰਮ੍ਰਿਤਪਾਲ ਸਿੰਘ ਨਾਲ ਕੀਤੀ ਮੁਲਾਕਾਤ
ਬਰਨਾਲਾ 20 ਮਈ ( ਨਿਰਮਲ ਸਿੰਘ ਪੰਡੋਰੀ)-ਪ੍ਰਸਿੱਧ ਸੀਨੀਅਰ ਵਕੀਲ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਰਾਜਦੇਵ ਸਿੰਘ ਖ਼ਾਲਸਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਕੇਸ ਦੀ ਮੁਫ਼ਤ ਪੈਰਵੀ ਕਰਨਗੇ । ਆਪਣੀ ਸਥਾਨਕ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਡਿਬਰੂਗੜ੍ਹ ਜੇਲ੍ਹ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਵਕਾਲਤਨਾਮੇ ‘ਤੇ ਦਸਤਖ਼ਤ ਕਰਕੇ ਉਨ੍ਹਾਂ ਨੂੰ ਆਪਣੇ ਕੇਸ ਦੀ ਪੈਰਵੀ ਕਰਨ ਲਈ ਅਧਿਕਾਰ ਦਿੱਤੇ ਹਨ । ਭਾਈ ਅੰਮ੍ਰਿਤਪਾਲ ਸਿੰਘ ਉਪਰ ਦਰਜ ਕੇਸਾਂ ਸਬੰਧੀ ਗੱਲਬਾਤ ਕਰਦੇ ਹੋਏ ਖਾਲਸਾ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੇ ਸਿਰੇ ਦੀ ਧੱਕੇਸ਼ਾਹੀ ਕਰਦੇ ਹੋਏ ਅੰਮ੍ਰਿਤਪਾਲ ਸਿੰਘ ‘ਤੇ ਝੂਠੇ ਕੇਸ ਦਰਜ ਕੀਤੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ‘ਤੇ ਥਾਣਾ ਬਾਘਾਪੁਰਾਣਾ ਜ਼ਿਲ੍ਹਾ ਮੋਗਾ ਵਿਖੇ ਦੇਸ਼ ਵਿਰੁੱਧ ਬਗਾਵਤ ਕਰਨ ਦਾ ਮਾਮਲਾ ਦਰਜ ਕੀਤਾ ਹੈ ਅਤੇ ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ‘ਤੇ ਧਾਰਾ 121-ਏ ਲਗਾਈ ਹੈ ਜੋ ਆਈਪੀਸੀ ਦੀਆਂ ਧਾਰਾਵਾਂ ਵਿੱਚੋਂ ਸਭ ਤੋਂ ਸਖ਼ਤ ਧਾਰਾ ਹੈ । ਇਸ ਮੌਕੇ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਿਥੇ ਕੇਂਦਰ ਅਤੇ ਪੰਜਾਬ ਸਰਕਾਰ ਨੇ ਭਾਈ ਅੰਮ੍ਰਿਤਪਾਲ ਸਿੰਘ ‘ਤੇ ਕੇਸ ਦਰਜ ਕਰਨ ਦੇ ਮਾਮਲੇ ‘ਚ ਧੱਕੇਸ਼ਾਹੀ ਕੀਤੀ ਹੈ ਉਥੇ ਦੂਜੇ ਪਾਸੇ ਉਨ੍ਹਾਂ ਉਪਰ ਲਾਗੂ ਐਨ ਐਸ ਏ ਸਬੰਧੀ ਰਿਵਿਊ ਬੋਰਡ ਗਠਨ ਦੇ ਮਾਮਲੇ ਵਿੱਚ ਵੀ ਨਿਯਮਾਂ ਦੀ ਘੋਰ ਉਲੰਘਣਾ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜਿਸ ਰਾਜ ਦੇ ਵਾਸੀ ਉਪਰ ਐਨ ਐਸ ਏ ਲਾਗੂ ਹੁੰਦਾ ਹੈ ਉਸੇ ਰਾਜ ਨਾਲ ਸਬੰਧਿਤ 2 ਹਾਈਕੋਰਟ ਦੇ ਸੇਵਾਮੁਕਤ ਜੱਜ ਅਤੇ ਇਕ ਸੇਵਾਮੁਕਤ ਸੈਸ਼ਨ ਜੱਜ ‘ਤੇ ਅਧਾਰਿਤ ਬੋਰਡ ਤਿੰਨ ਮਹੀਨਿਆਂ ਰਿਵਿਊ ਕਰਦਾ ਹੈ ।

ਸਰਦਾਰ ਖਾਲਸਾ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਸਰਕਾਰ ਨੇ ਯੂਪੀ ਦੇ ਤਿੰਨ ਜੱਜਾਂ ਦਾ ਬੋਰਡ ਬਣਾਇਆ ਹੈ ਜੋ ਕਿ ਹੁਣ ਤੱਕ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ । ਰਾਜਦੇਵ ਸਿੰਘ ਖ਼ਾਲਸਾ ਨੇ ਦਾਅਵਾ ਕੀਤਾ ਕਿ ਉਹ ਪੂਰੀ ਤਿਆਰੀ ਨਾਲ ਮਾਨਯੋਗ ਹਾਈਕੋਰਟ ਵਿੱਚ ਭਾਈ ਅਮ੍ਰਿਤਪਾਲ ਸਬੰਧੀ ਕੇਸ ਦੀ ਪੈਰਵੀ ਕਰਨਗੇ । ਉਹਨਾਂ ਜ਼ਿਕਰ ਕੀਤਾ ਹੈ ਉਨ੍ਹਾਂ ਨੇ ਪਹਿਲਾਂ ਵੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਤੋਂ ਲੈ ਕੇ ਹੋਰ ਬਹੁਤ ਸਾਰੇ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕੀਤੀ ਜਿਨ੍ਹਾਂ ਵਿੱਚ ਜਿੱਤ ਪ੍ਰਾਪਤ ਕੀਤੀ ਅਤੇ ਸਿੱਖ ਨੌਜਵਾਨਾਂ ਨੂੰ ਝੂਠੇ ਮੁਕੱਦਮੇ ‘ਚੋਂ ਬਰੀ ਕਰਵਾਇਆ । ਉਨ੍ਹਾਂ ਕਿਹਾ ਕਿ ਉਹ ਮਾਨਯੋਗ ਹਾਈਕੋਰਟ ਵਿੱਚ ਇਸ ਕੇਸ ਦੀ ਜਬਰਦਸਤ ਪੈਰਵੀ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਨਾਲ ਹੋਰ ਸਿੱਖ ਨੌਜਵਾਨਾਂ ਨੂੰ ਵੀ ਬਰੀ ਕਰਵਾਉਣਗੇ । ਇਸ ਮੌਕੇ ਸਰਦਾਰ ਖਾਲਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਸਿੱਖ ਨੌਜਵਾਨਾਂ ‘ਤੇ ਐਨ ਐਸ ਏ ਲਾਗੂ ਹੋਣ ਸਬੰਧੀ ਕੇਂਦਰ ਦੀ ਭਾਜਪਾ ਸਰਕਾਰ ਨਾਲੋਂ ਜਿਆਦਾ ਪੰਜਾਬ ਦੇ ਆਮ ਆਦਮੀ ਪਾਰਟੀ ਸਰਕਾਰ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ ਕਿਉਂਕਿ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਿਨਾਂ ਕੇਂਦਰ ਸਰਕਾਰ ਅਜਿਹੇ ਕਦਮ ਨਹੀਂ ਚੁੱਕ ਸਕਦੀ । ਸ. ਖਾਲਸਾ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਮੌਕੇ ਉਨ੍ਹਾਂ ਦੇ ਪਿਤਾ ਸ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਅਤੇ ਅੰਮ੍ਰਿਤਸਰ ਤੋਂ ਇੱਕ ਵਕੀਲ ਰੋਹਿਤ ਸ਼ਰਮਾ ਵੀ ਨਾਲ਼ ਸਨ । ਇਸ ਮੌਕੇ ਸਰਦਾਰ ਖਾਲਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਨਿਭਾਈ ਭੂਮਿਕਾ ਬਦਲੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਵੀ ਕੀਤੀ ।










