Skip to main content

Gee 98News

ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਨਾਲ ਬਰਨਾਲਾ ’ਚ ਕਰਾਏ ਜਾਣਗੇ ਵਿਕਾਸ ਕਾਰਜ : ਚੇਅਰਮੈਨ ਬਾਠ

ਬਰਨਾਲਾ 30 ਮਈ ( ਨਿਰਮਲ ਸਿੰਘ ਪੰਡੋਰੀ )-

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਉਂਦੇ ਸਮੇਂ ਵਿੱਚ ਲੱਖਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਸ. ਗੁਰਦੀਪ ਸਿੰਘ ਬਾਠ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਵੱਲੋਂ ਚੰਡੀਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਕਮੇਟੀਆਂ (ਡੀ.ਪੀ.ਸੀ.) ਦੇ ਚੇਅਰਪਰਸਨਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਉਹ ਵੀ ਸ਼ਾਮਲ ਹੋਏ ਤੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਸ. ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2023-24 ਲਈ ਜ਼ਿਲ੍ਹਾ ਵਿਸ਼ੇਸ਼ ਸਕੀਮਾਂ ਦੇ ਤਹਿਤ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਅਨਟਾਈਡ (ਬੰਧਨਮੁਕਤ) ਫੰਡਾਂ ਵਜੋਂ 13 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਦੋਂਕਿ ਵਿੱਤੀ ਸਾਲ 2021-22 ਵਿੱਚ ਇਹ ਬਜਟ ਸਿਰਫ 6 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇਸ ਬਜਟ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇਗੀ। ਸ. ਬਾਠ ਨੇ ਦੱਸਿਆ ਕਿ ਬਰਨਾਲਾ ਦੇ ਹਿੱਸੇ ਆਏ ਫੰਡਾਂ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ, ਜਿਸ ਦੇ ਖਰੜੇ ਬਾਰੇ ਉਨ੍ਹਾਂ ਵਿੱਤ ਮੰਤਰੀ ਨਾਲ ਮੀਟਿੰਗ ਦੌਰਾਨ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਦੇ ਖਰੜੇ ਨੂੰ ਅੰਤਿਮ ਰੂਪ ਦੇ ਕੇ ਡਿਪਟੀ ਕਮਿਸ਼ਨਰ ਰਾਹੀਂ ਯੋਜਨਾ ਵਿਭਾਗ ਨੂੰ ਭੇਜੀ ਜਾਵੇਗੀ ਤਾਂ ਜੋ ਇਸ ਨੂੰ ਅਮਲੀ ਰੂਪ ਦਿੱਤਾ ਜਾ ਸਕੇ। ਸ. ਬਾਠ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਸਮੱਸਿਆਵਾਂ ਵੀ ਵਿੱਤ ਮੰਤਰੀ ਨਾਲ ਸਾਂਝੀਆਂ ਕੀਤੀਆਂ, ਜਿਸ ’ਤੇ ਹੱਲ ਲਈ ਉਨ੍ਹਾਂ ਪੂਰਨ ਵਿਸ਼ਵਾਸ ਦਿਵਾਇਆ। ਇਸ ਮੌਕੇ ਚੇਅਰਮੈਨ ਸ. ਬਾਠ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਰਾਹੀਂ ਜ਼ਿਲ੍ਹੇ ਦੇ ਵਿਕਾਸ ਵਿੱਚ ਪੂਰਨ ਯੋਗਦਾਨ ਪਾਇਆ ਜਾਵੇਗਾ ਤੇ ਮਾਣਯੋਗ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨਾਂ ਨਾਲ ਤਾਲਮੇਲ ਬਣਾ ਕੇ ਅਖਤਿਆਰੀ ਫੰਡ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਲੇਖੇ ਲਾਏ ਜਾਣਗੇ।

error: Content is protected !!