ਬਰਨਾਲਾ,28 ਜੁਲਾਈ ( ਨਿਰਮਲ ਸਿੰਘ ਪੰਡੋਰੀ )- ਜੇਕਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਮਾਂ ਰਹਿੰਦੇ ਲੋੜੀਂਦੇ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਰੋਕਿਆ ਜਾ ਸਕਦਾ ਸੀ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਹੜ੍ਹਾਂ ਕਾਰਨ ਅੱਧੇ ਤੋਂ ਵੱਧ ਪੰਜਾਬ ਵਿੱਚ ਜਿੱਥੇ ਕਈ ਮੌਤਾਂ ਹੋਈਆ ਹਨ। ਉਥੇ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀਆਂ ਫਸਲਾਂ ਦੇ ਖਰਾਬੇ ਦੇ ਨਾਲ ਨਾਲ ਲੋਕਾਂ ਦੇ ਘਰ ਅਤੇ ਕੋਠੀਆਂ ਹੜ੍ਹ ਦੇ ਪਾਣੀ ਨਾਲ ਢਹਿ ਗਏ ਹਨ। ਜਿਸ ਲਈ ਸਿੱਧੇ ਤੌਰ ’ਤੇ ਸੂਬਾ ਸਰਕਾਰ ਜਿੰਮੇਵਾਰ ਹੈ। ਕਿਉਂਕਿ ਸਰਕਾਰ ਨੇ ਸਮਾਂ ਰਹਿੰਦੇ ਕੋਈ ਲੋੜੀਂਦੇ ਯਤਨ ਹੜ੍ਹ ਰੋਕਣ ਲਈ ਨਹੀਂ ਕੀਤੇ। ਕੇਵਲ ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਇਸ ਨਲਾਇਕੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਿਆ ਹੈ। ਇਸੇ ਮਸਲੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੂੰ ਮਿਲ ਕੇ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਹੈ। ਉਹਨਾ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵੀ ਰਾਹਤ ਫ਼ੰਡ ਵਿੱਚੋਂ ਵੀ 218 ਕਰੋੜ ਰੁਪਏ ਪੰਜਾਬ ਲਈ ਜਾਰੀ ਕੀਤੇ ਗਏ ਹਨ। ਪਰ ਪੰਜਾਬ ਸਰਕਾਰ ਲੋਕਾਂ ਦੀ ਮੱਦਦ ਕਰਨ ਵਿੱਚ ਬਹੁਤ ਦੇਰੀ ਕਰ ਰਹੀ ਹੈ। ਸਰਕਾਰ ਵਲੋਂ ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਣ ਲਈ ਲੋੜੀਂਦੇ ਪ੍ਰਬੰਧ ਵੀ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਲੋਕਾਂ ਦੇ ਹੋਏ ਮਾਲੀ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਨੂੰ ਕਰਨੀ ਚਾਹੀਦੀ ਹੈ। ਖਰਾਬੀ ਹੋਈਆਂ ਫਸਲਾਂ ਲਈ ਸਰਕਾਰ ਪੀੜਤ ਕਿਸਾਨਾਂ ਨੂੰ ਘੱਟੋ ਘੱਟ 6 ਮਹੀਨੇ ਦੀ ਫਸਲ ਦਾ ਪੂਰਾ ਮੁਆਵਜ਼ਾ ਦੇਵੇ। ਉਥੇ ਨਾਲ ਹੀ ਜਿਹਨਾਂ ਦੇ ਘਰਾਂ ਅਤੇ ਕੋਠੀਆਂ ਨੂੰ ਨੁਕਸਾਨ ਪੁੱਜਿਆ ਹੈ ਉਸਦਾ ਵੀ ਮੁਆਵਜਾ ਪੀੜਤ ਲੋਕਾਂ ਨੂੰ ਮਿਲਣਾ ਚਾਹੀਦਾ ਹੈ।









