Gee 98News

ਪੰਜਾਬ ਸਰਕਾਰ ਨੇ ਅਜ਼ਾਦੀ ਦਿਵਸ ‘ਤੇ ਕੈਦੀਆਂ ਦੀ ਰਿਹਾਈ ਸਬੰਧੀ ਲਿਆ ਵੱਡਾ ਫੈਸਲਾ

-ਸੜਕ ਸੁਰੱਖਿਆ ਫੋਰਸ ਦੇ ਗਠਨ ਨੂੰ ਵੀ ਦਿੱਤੀ ਮਨਜ਼ੂਰੀ
ਚੰਡੀਗੜ੍ਹ,11 ਅਗਸਤ-‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਇਹ ਫ਼ੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ ।ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤਹਿਤ ਹਾਈਵੇਅ ਰੂਟਾਂ ਉਤੇ 144 ਪੈਟਰੌਲਿੰਗ ਵਾਹਨ ਤਾਇਨਾਤ ਕੀਤੇ ਜਾਣਗੇ, ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਅਤੇ ਓਵਰਸਪੀਡ ਦੀ ਜਾਂਚ ਕਰਨ ਲਈ ਵਿਸ਼ੇਸ਼ ਉਪਕਰਨਾਂ ਨਾਲ ਲੈਸ ਹੋਣਗੇ। ਹਰੇਕ ਵਾਹਨ 30 ਕਿਲੋਮੀਟਰ ਦੇ ਘੇਰੇ ਵਿਚ ਗਸ਼ਤ ਕਰੇਗਾ। ਇਹ ਵਾਹਨ ਖਰੀਦਣ ਅਤੇ ਇਨ੍ਹਾਂ ਉਪਰ ਲਾਏ ਜਾਣ ਵਾਲੇ ਆਧੁਨਿਕ ਉਪਕਰਨ ਦੀ ਖਰੀਦ ਉਤੇ 30 ਕਰੋੜ ਰੁਪਏ ਖਰਚ ਆਉਣਗੇ। ਸੜਕ ਸੁਰੱਖਿਆ ਫੋਰਸ ਵਿਚ 5000 ਪੁਲੀਸ ਜਵਾਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 1200-1500 ਪੁਲੀਸ ਜਵਾਨ ਨਵੇਂ ਭਰਤੀ ਹੋਏ ਪੁਲੀਸ ਮੁਲਾਜ਼ਮਾਂ ਵਿੱਚੋਂ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਾਰਕ ਉਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ। ਨਵੀਂ ਦਿੱਲੀ ਵਿਖੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ (ਪਹੁੰਚ ਹਾਲ) ਵਿਖੇ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ।

error: Content is protected !!