ਚੰਡੀਗੜ੍ਹ,17 ਅਗਸਤ-ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਆਪਣੇ ਉਪਰ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਵੱਡੀ ਰਾਹਤ ਮਿਲੀ ਹੈ।ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ। ਸ਼ਿਕਾਇਤ ਕਰਨ ਵਾਲੇ ਪੀੜ੍ਹਤ ਕੇਸ਼ਵ ਕੁਮਾਰ ਨੇ ਇਸ ਮਾਮਲੇ ਵਿੱਚ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕਰਾਈ ਸ਼ਿਕਾਇਤ ਨੂੰ ਵਾਪਸ ਲੈ ਲਿਆ ਸੀ ਜਿਸ ਮਗਰੋਂ ਕਮਿਸ਼ਨ ਨੇ ਇਸ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਮਾਮਲਾ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਚੁੱਕਿਆ ਸੀ । ਇਸ ਮਾਮਲੇ ਨੇ ਇੱਕ ਵਾਰ ਤਾਂ ਪੰਜਾਬ ਸਰਕਾਰ ਲਈ ਵੱਡੀ ਸਿਰਦਰਦੀ ਪੈਦਾ ਕਰ ਦਿੱਤੀ ਸੀ। ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਵਿੱਚ ਰਾਜਪਾਲ ਨੂੰ ਵੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਦੇ ਪੀੜ੍ਹਤ ਕੇਸਵ ਕੁਮਾਰ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ‘ਚ ਦਬਾਅ ਪੈਣ ਤੋਂ ਬਾਅਦ ਪੰਜਾਬ ਸਰਕਾਰ ਨੇ ਉੱਚ ਪੁਲਿਸ ਅਧਿਕਾਰੀਆਂ ਦੀ ਜਾਂਚ ਕਮੇਟੀ ਦਾ ਗਠਨ ਵੀ ਕੀਤਾ ਸੀ, ਪ੍ਰੰਤੂ ਹੁਣ ਪੀੜ੍ਹਤ ਕੇਸ਼ਵ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਜਿਸ ਤੋਂ ਬਾਅਦ ਕੌਮੀ ਕਮਿਸ਼ਨ ਨੇ ਇਹ ਮਾਮਲਾ ਬੰਦ ਕਰ ਦਿੱਤਾ ਹੈ। ਜਿਸਦੀ ਜਾਣਕਾਰੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਵੀ ਦੇ ਦਿੱਤੀ ਹੈ।










